ਕਾਂਗਰਸੀਆਂ ਵੱਲੋਂ ਚੋਣਾਂ ਚ ਗੜਬੜ ਕਰਵਾਏ ਜਾਣ ਦਾ ਖ਼ਦਸ਼ਾ: ਬੀਬੀ ਲੂੰਬਾ

ਪਾਤੜਾਂ 12 ਫ਼ਰਵਰੀ (ਸੰਜੇ ਗਰਗ)
ਨਗਰ ਕੌਂਸਲ ਪਾਤੜਾਂ ਦੀ ਹੋਣ ਜਾ ਰਹੀ ਚੋਣ ਦੌਰਾਨ ਕਾਂਗਰਸ ਪਾਰਟੀ ਚੋਣਾਂ ਨੂੰ ਜਿੱਤਣ ਲਈ ਗੜਬੜ ਕਰਵਾ ਕੇ ਚੋਰਾਂ ਨੂੰ ਲੁੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬੀਬੀ ਲੂੰਬਾ ਨੇ ਕਿਹਾ ਹੈ ਕੁਝ ਸਮਾਂ ਪਹਿਲਾਂ ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ ਗਿਆਰਾਂ ਦੀ ਹੋਈ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੇਠ ਬੂਥਾਂ ਉੱਤੇ ਕਬਜ਼ਾ ਕਰਕੇ ਜਾਅਲੀ ਵੋਟਾਂ ਪਾਈਆ ਸਨ ਕਾਂਗਰਸੀਆਂ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਬਕਾਇਦਾ ਵੀਡੀਓ ਨਸ਼ਰ ਹੋਈ ਸੀ ਅਤੇ ਹਾਈ ਕੋਰਟ ਵਿੱਚ ਕੇਸ ਚੱਲ ਰਿਹਾ ਹੈ। ਹੁਣ ਫਿਰ ਕਾਂਗਰਸ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਸ਼ਹਿਰ ਦੇ ਕਈ ਵਾਰਡਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਪੋਟਰਾਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਲੋਕਤੰਤਰ ਦੀ ਸਭ ਤੋਂ ਹੇਠਲੀ ਇਕਾਈ ਦੀਆਂ ਚੋਣਾਂ ਹਨ ਅਤੇ ਇਨ੍ਹਾਂ ਵਿੱਚ ਇਨ੍ਹਾਂ ਵਿੱਚ ਕੀਤੀਆਂ ਗਈਆਂ ਧੱਕੇਸ਼ਾਹੀਆਂ ਸਮਾਜ ਵਿੱਚ ਦਰਾੜ ਪੈਦਾ ਕਰਦੀਆਂ ਹਨ । ਉਨ੍ਹਾਂ ਕਾਂਗਰਸੀ ਆਗੂਆਂ ਨੂੰ ਸ਼ਾਂਤਮਈ ਚੋਣਾਂ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਇਸ ਲਈ ਸਮਾਜ ਵਿੱਚ ਦਰਾੜਾਂ ਪੈਦਾ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਕਾਂਗਰਸੀਆਂ ਨੇ ਚੋਣਾਂ ਵਿਚ ਧੱਕੇਸ਼ਾਹੀ ਕੀਤੀ ਤਾਂ ਅਕਾਲੀ ਦਲ ਦੇ ਜੁਝਾਰੂ ਯੋਧੇ ਇਸ ਧੱਕੇ ਨੂੰ ਬਰਦਾਸ਼ਤ ਨਹੀਂ ਕਰਨਗੇ। ਕਾਂਗਰਸੀ ਆਗੂਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਂਦਿਆਂ ਉਨ੍ਹਾਂ ਮੰਗ ਕੀਤੀ ਕਿ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਈਆਂ ਜਾਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ, ਮਾਸਟਰ ਗੁਰਮੇਜ ਸਿੰਘ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ ।
Please Share This News By Pressing Whatsapp Button