
ਸ਼ਹਿਰਾਂ ਦੇ ਵਿਕਾਸ ਸਦਕਾ ਕਾਂਗਰਸ ਪਾਰਟੀ ਨੂੰ ਵੋਟਰਾਂ ਨੇ ਦਿੱਤਾ ਪੂਰਨ ਸਮਰਥਨ: ਬ੍ਰਹਮ ਮਹਿੰਦਰਾ
ਚੰਡੀਗੜ੍ਹ, 17 ਫਰਵਰੀ:( ਗਗਨ ਦੀਪ ਸਿੰਘ ਦੀਪ )
ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਰਾਜ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਦਿਖਾ ਕੇ ਪੂਰਨ ਸਮਰਥਨ ਦਿੱਤਾ ਹੈ। ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਤੀ ਬਣਾਈ ਰੱਖਣ ਲਈ ਉਨ੍ਹਾਂ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ `ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਵੋਟਰਾਂ ਨੇ ਸਾਡੀ ਸਰਕਾਰ ਵਿਚ ਭਰੋਸਾ ਜਤਾਇਆ ਅਤੇ ਇਸ ਭਰੋਸੇ ਨੂੰ ਬਰਕਰਾਰ ਰੱਖਿਆ ਜਾਵੇਗਾ।
ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਹਿੱਤ ਲਈ ਚੁੱਕੇ ਕਦਮਾਂ ਅਤੇ ਫੈਸਲਿਆਂ ਪ੍ਰਤੀ ਹਾਂ-ਪੱਖੀ ਵਿਚਾਰਧਾਰਾ ਬਣਾ ਕੇ ਕਾਂਗਰਸ ਪਾਰਟੀ ਨੂੰ ਜਤਾਇਆ ਹੈ ਜਿਸ ਨਾਲ ਸਾਡੀ ਸਰਕਾਰ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ। ਉਨ੍ਹਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅੱਗੇ ਵੀ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ `ਤੇ ਜਾਰੀ ਰੱਖੇਗੀ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਥਾਨਕ ਚੋਣਾਂ ਵਾਂਗ ਹੀ ਜਿੱਤ ਹਾਸਲ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀਆਂ ਮੰਗਾਂ ਨੂੰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਭਾਜਪਾ ਦੇ ਨੇਤਾ ਜਿਸ ਤਰ੍ਹਾਂ ਦੀ ਮਾੜੀ ਸ਼ਬਦਾਵਲੀ ਵਰਤ ਰਹੇ ਹਨ ਉਹ ਬਹੁਤ ਮੰਦਭਾਗਾ ਹੈ। ਇਹੀ ਵਜ੍ਹਾਂ ਹੈ ਕਿ ਲੋਕ ਰੋਹ ਨੇ ਭਾਜਪਾ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਰ੍ਹਾਂ ਹੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਪੰਜਾਬ ਦੇ ਸੂਝਵਾਨ ਲੋਕਾਂ ਨੇ ਨਾਕਾਰ ਦਿੱਤਾ ਹੈ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਪਾਰਟੀਆਂ ਦਾ ਹਾਲ ਇਸ ਤੋਂ ਵੀ ਮਾੜਾ ਹੋਵੇਗਾ।
Please Share This News By Pressing Whatsapp Button