
ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 1498 ਨੌਜਵਾਨਾਂ ਦੀ ਹੋਈ ਚੋਣ: ਡਿਪਟੀ ਕਮਿਸ਼ਨਰ
ਮਲੇਰਕੋਟਲਾ, 10 ਅਪ੍ਰੈਲ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ’ ਮੁਹਿੰਮ ਤਹਿਤ ਸਾਰੇ ਸੂਬੇ ਵਿੱਚ ਰੁਜ਼ਗਾਰ ਮੇਲੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਵੱਖ-ਵੱਖ ਕੰਪਨੀਆਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਚੋਣ ਪੱਤਰ ਵੰਡੇ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲੇਰਕੋਟਲਾ ਵਿਖੇ ਲਗਾਏ ਰੁਜ਼ਗਾਰ ਮੇਲੇ ਵਿਚ 1628 ਨੌਜਵਾਨਾਂ ਨੇ ਭਾਗ ਲਿਆ ਜਿਸ ਵਿਚੋਂ 1583 ਨੌਜਵਾਨਾਂ ਦੀ ਇੰਟਰਵਿਊ ਹੋਈ ਅਤੇ ਇਨ੍ਹਾਂ ਵਿਚੋਂ 1453 ਦੀ ਚੋਣ ਵੱਖ-ਵੱਖ ਨੌਕਰੀਆਂ ਲਈ ਅਤੇ 45 ਨੌਜਵਾਨਾਂ ਦੀ ਚੋਣ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੰਜੀਦਾ ਹੈ ਅਤੇ ਇਸੇ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ ਹੀ ਇਹ ਰੁਜ਼ਗਾਰ ਮੇਲੇ ਲਗਵਾਏ ਜਾ ਰਹੇ ਹਨ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਲਈ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਹਰ ਜ਼ਿਲ੍ਹੇ ਵਿਚ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਦੀ ਰਜਿਸਟਰੇਸ਼ਨ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਉਪਲਬਧ ਮੌਕਿਆਂ ਬਾਰੇ ਜਾਣੂੰ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਵਿਚ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਦੇ ਹਨ ਅਤੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਿਖਲਾਈ ਦੇ ਨਾਲ-ਨਾਲ ਕਰਜ਼ ਦਵਾਉਣ ਵਿਚ ਮਦਦ ਵੀ ਕੀਤੀ ਜਾਂਦੀ ਹੈ।
ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਟੀ. ਬੇਨਿਥ, ਡੀ.ਈ.ਜੀ.ਟੀ.ਓ. ਰਵਿੰਦਰਪਾਲ ਸਿੰਘ ਚਹਿਲ, ਤਹਿਸੀਲਦਾਰ ਬਾਦਲਦੀਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ’ਚ ਨੌਜਵਾਨ ਮੁੰਡੇ-ਕੁੜੀਆਂ ਹਾਜ਼ਰ ਸਨ।
Please Share This News By Pressing Whatsapp Button