ਮੁੱਖ ਮੰਤਰੀ ਵੱਲੋਂ ਵਰਚੂਅਲ ਪੋ੍ਰਗਰਾਮ ਦੌਰਾਨ ‘ਪੇਂਡੂ ਕੋਵਿਡ ਫਤਿਹ ਪੋ੍ਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਰਪੰਚਾਂ ਨੂੰ ਸੱਦਾ
ਭਵਾਨੀਗੜ੍ਹ/ਸੰਗਰੂਰ, 18 ਮਈ:
ਕੋਵਿਡ-19 ਮਹਾਂਮਾਰੀ ਦੇ ਪੇਂਡੂ ਖੇਤਰਾਂ ’ਚ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜ ਸਰਕਾਰ ਵੱਲੋਂ ‘ਪੇਂਡੂ ਕੋਵਿਡ ਫਤਿਹ ਪੋ੍ਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਜ਼ੋਰਦਾਰ ਢੰਗ ਲਾਗੂ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਨੁਮਾਇੰਦਿਆਂ ਨਾਲ ਵਰਚੂਅਲ ਤਰੀਕੇ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਰਾਜ ਦੇ ਸਮੂਹ ਸਰਪੰਚਾਂ ਨੂੰ ਕਰੋਨਾ ਦੀ ਜੰਗ ’ਚ ਮੋਹਰੀ ਹੋ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ, ਤਾਂ ਜੋ ਕਰੋਨਾ ਦੀ ਇਸ ਨਾਮੁਰਾਦ ਬਿਮਾਰੀ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ।
ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਪਾਜ਼ਟਿਵ ਲੋੜਵੰਦ ਵਿਅਕਤੀਆਂ ਨੂੰ ਭੋਜਣ ਕਿੱਟਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਆਕਸ਼ੀਜਨ, ਵੈਕਸੀਨ ਅਤੇ ਹੋਰ ਲੋੜੀਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਰੋਨਾ ਨਾਲ ਹੋਣ ਵਾਲੀ ਮੌਤ ਦਰ ਨੂੰ ਠਲ੍ਹ ਪਾਇਆ ਜਾ ਸਕੇ ਅਤੇ ਕਰੋਨਾ ਮਹਾਂਮਾਰੀ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਪੇਂਡੂ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਪੰਚਾਂ ਨੂੰ ਪਿੰਡ ਪੱਧਰ ’ਤੇ ਠੀਕਰੀ ਪਹਿਰਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੀ ਖਾਂਸੀ, ਬੁਖਾਰ, ਜੁਖਾਮ ਹੋਣ ’ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ, ਤਾਂ ਜੋ ਮੁੱਢਲੇ ਪੱਧਰ ’ਤੇ ਹੀ ਬਿਮਾਰੀ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਹਰੇਕ ਸਰਪੰਚ, ਪੰਚਾਇਤ ਦੀ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰ ਡਾਕਟਰ ਤੋਂ ਹੀ ਦਵਾਈ ਲੈਣ ਅਤੇ ਆਪਣੇ ਆਪ ਲਈਆਂ ਦਵਾਈਆਂ ਨੁਕਸਾਨ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਬਿਨ੍ਹਾਂ ਇਹ ਲੜਾਈ ਜਿੱਤੀ ਨਹੀਂ ਜਾ ਸਕਦੀ। ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਕੋਵਿਡ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲੇ ਪੰਚਾਇਤਾਂ ਨਾਲ ਸਾਂਝੇ ਕੀਤੇ। ਡਾ: ਕੇਕੇ ਤਲਵਾਰ ਨੇ ਇਸ ਪ੍ਰੋਗਰਾਮ ਦੀ ਪੂਰੀ ਰੂਪਰੇਖਾ ਪੰਚਾਇਤਾਂ ਨਾਲ ਸਾਂਝੀ ਕੀਤੀ।
ਇਸ ਵਰਚੂਅਲ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਲਿਆਲ ਤੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐਸ.ਐਸ.ਪੀ ਸ੍ਰੀ ਵਿਵੇਕਸ਼ੀਲ ਸੋਨੀ, ਐਸ.ਡੀ.ਐਮ. ਡਾ. ਕਰਮਜੀਤ, ਸਰਪੰਚ ਬਲਿਆਲ ਅਮਰੇਲ ਸਿੰਘ ਸਮੇਤ ਪੰਚਾਇਤ ਦੇ ਨੁਮਾਇੰਦਿਆਂ ਨੇ ਸਮੂਲੀਅਤ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕ ਹਿੱਤ ਲਈ ਸ਼ੁਰੂ ਕੀਤੇ ਪੇਂਡੂ ਕੋਵਿਡ ਫਤਹਿ ਪ੍ਰੋਗਰਾਮ ਨੂੰ ਹਰੇਕ ਪਿੰਡ ਪੱਧਰ ’ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਪਿੰਡਾਂ ਅੰਦਰ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 18 ਤੋਂ 45 ਸਾਲ ਦੇ ਸਹਿਰੋਗਾਂ ਵਾਲੇ ਲੋਕਾਂ ਲਈ ਲੋੜੀਂਦੀ ਵੈਕਸ਼ੀਨ ਉਪਲੱਬਧ ਹੈ। ਉਨ੍ਹਾਂ ਕਿਹਾ ਕਿ 14 ਥਾਵਾਂ ਤੇ ਹੈਲਥ ਬਲਾਕ ਪੱਧਰ ’ਤੇ ਕੈਂਪਾਂ ਰਾਹੀ ਵੈਕਸ਼ੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਦੇ ਪ੍ਰਬੰਧਨ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਰਹੇ ਹਨ।
Please Share This News By Pressing Whatsapp Button