ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਪਿੰਡਾਂ ਦੀਆਂ ਔਰਤਾਂ ਲਈ ਸਿਖਲਾਈ ਦਾ ਪ੍ਰਬੰਧ ਕਰਕੇ ਬਣਾਇਆ ਸਵੈ ਰੋਜ਼ਗਾਰ ਦੇ ਕਾਬਲ : ਏ.ਡੀ.ਸੀ. ਪ੍ਰੀਤੀ ਯਾਦਵ
ਪਟਿਆਲਾ, 5 ਜੂਨ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦੇਕੇ ਸਵੈ ਰੋਜ਼ਗਾਰ ਸ਼ੁਰੂ ਕਰਨ ‘ਚ ਸਹਾਇਤਾ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸੀ.ਈ.ਓ. ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਵੱਲੋਂ ਸਵੈ ਸਹਾਇਤਾ ਸਮੂਹਾਂ ਦੀਆਂ 113 ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ ਟੂਲ ਕਿੱਟਾਂ ਦੀ ਵੰਡ ਕੀਤੀ ਗਈ।
ਸਵੈ ਰੋਜ਼ਗਾਰ ਸ਼ੁਰੂ ਕਰਨ ਵਾਲੀਆਂ ਔਰਤਾਂ ਨੂੰ ਟੂਲ ਕਿੱਟਾਂ ਵੰਡਣ ਸਮੇਂ ਏ.ਡੀ.ਸੀ. ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮੁਫ਼ਤ ਸਕਿੱਲ ਟਰੇਨਿੰਗ, ਵਿੱਤੀ ਸਹਾਇਤਾ ਅਤੇ ਆਪਣਾ ਕੰਮ ਸ਼ੁਰੂ ਕਰਨ ਲਈ ਸਾਧਨਾ ਮੁਹੱਈਆ ਕਰਵਾਏ ਜਾ ਰਹੇ ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਪਟਿਆਲਾ ਵੱਲੋਂ 113 ਲੋੜਵੰਦ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤੋਂ ਮੁਫ਼ਤ ਕਿੱਤਾ ਮੁਖੀ ਸਕਿੱਲ ਟਰੇਨਿੰਗ ਕੋਰਸ ਜਿਸ ‘ਚ ਸਿਲਾਈ ਕਢਾਈ, ਬਿਊਟੀ ਪਾਰਲਰ, ਇਲੈਕਟ੍ਰੀਸ਼ੀਅਨ ਦੇ ਕੋਰਸ ਕਰਵਾਏ ਗਏ ਹਨ ਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇਨ੍ਹਾਂ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸਵੈ-ਸਹਾਇਤਾ ਸਮੂਹ ਬਣਾਏ ਗਏ ਅਤੇ ਹੁਣ ਇਨ੍ਹਾਂ ਔਰਤਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਸਿਲਾਈ ਕਢਾਈ ਲਈ ਮਸ਼ੀਨਾਂ, ਖੇਤੀਬਾੜੀ ਦੇ ਕੰਮ ਲਈ ਸਪਰੇਅ ਪੰਪ, ਬਿਊਟੀ ਪਾਰਲਰ ਦੇ ਕੰਮ ਲਈ ਕਿੱਟਾਂ, ਜੂਸ-ਮਿਕਸਰ, ਓਵਨ, ਪੰਚਰ ਲਗਾਉਣ ਲਈ ਟੂਲ ਕਿੱਟ ਅਤੇ ਹਵਾ ਭਰਨ ਲਈ ਏਅਰ ਕੰਪ੍ਰੇਸ਼ਰ, ਇਲੈਕਟ੍ਰੀਸ਼ੀਅਨ ਟੂਲ ਕਿੱਟਾਂ ਅਤੇ ਘਾਹ ਕੱਟਣ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ ਹਨ।
ਇਸ ਮੌਕੇ ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਮਹਿਲਾ ਸਸ਼ਕਤੀਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਉੱਥੇ ਹੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਕੇ ਵੱਖ-ਵੱਖ ਸਵੈ-ਰੋਜ਼ਗਾਰ ਪਲੈਟਫ਼ਾਰਮਾਂ ਨਾਲ ਜੁੜ ਕੇ ਆਪਣੀ ਆਮਦਨ ਵਧਾਈ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਵੀ ਮੌਜੂਦ ਸਨ।
Please Share This News By Pressing Whatsapp Button