ਨਸ਼ਿਆਂ ਤੋਂ ਪੀਡ਼ਤ ਵਿਅਕਤੀ ਇਲਾਜ ਲਈ ਬੇਝਿਜਕ ਓ. ਓ. ਏ. ਟੀ. ਕੇਂਦਰਾਂ ਤੇ ਸੰਪਰਕ ਕਰਨ- ਡਾ ਅੰਜਨਾ ਗੁਪਤਾ
ਸੰਗਰੂਰ, 26 ਜੂਨ
ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕਿਹਾ ਕਿ ਨਸ਼ਿਆਂ ਤੋਂ ਪੀਡ਼ਤ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਨੇੜੇ ਦੇ ਸਿਹਤ ਕੇਂਦਰ ਤੇ ਬਣੇ ਓ ਓ ਏ ਟੀ ਕੇਂਦਰਾਂ ਤੇ ਪਹੁੰਚ ਕਰ ਕੇ ਆਪਣੇ ਆਪ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ।
ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰ ਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ । ਉਨ੍ਹਾਂ ਦੱਸਿਆ ਕਿ ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO) ਅਤੇ ਬਡੀ (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜੋ ਕਿ ਸਮਾਜ ਦੀ ਸੋਚ ‘ਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਹਾਈ ਸਿੱਧ ਹੋ ਰਿਹਾ ਹੈ ।
Please Share This News By Pressing Whatsapp Button