ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਆਨਲਾਈਨ ਲੋਕਾਂ ਨਾਲ ਹੋਏ ਰੂ-ਬ-ਰੂ
ਸੰਗਰੂਰ, 26 ਜੂਨ
ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਵਿਸ਼ੇਸ਼ ਵਰਚੁਅਲ ਪ੍ਰੋਗਰਾਮ ਦੌਰਾਨ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਪ੍ਰੋਗਰਾਮ ਦੌਰਾਨ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਤੇ ਹੋਰਨਾਂ ਅਧਿਕਾਰੀਆਂ ਨੇ ਵੀ ਵਰਚੂਅਲ ਤਰੀਕੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਜਿਸਦੇ ਸਾਰਥਕ ਨਤੀਜੇ ਨਿਕਲੇ ਹਨ। ਨਸ਼ਿਆਂ ਵਿਰੁੱਧ ਲੜਾਈ ‘ਚ ਇਕੱਲੇ-ਇਕੱਲੇ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਨਸ਼ਿਆਂ ਤੋਂ ਆਪਣੇ ਬੱਚਿਆਂ ਨੂੰ ਇਸਦੇ ਬੁਰੇ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਵਿੱਢੇ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਓ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾ ਰਾਹੀਂ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਿਕ ਨਸ਼ੱਈ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ‘ਚ 14,455 ਮਰੀਜ਼ਾਂ ਨੂੰ ਓਟ ਕੇਂਦਰਾਂ ਰਾਹੀਂ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀਡ਼ਤ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦੇ ਨਾਲ ਨਾਲ ਮਾਨਸਿਕ ਤੌਰ ਤੇ ਨਸ਼ਿਆਂ ਖ਼ਿਲਾਫ਼ ਤਕੜਾ ਕਰਨ ਲਈ ਮਾਹਿਰ ਕੌਂਸਲਰਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਂਦੀ ਹੈ ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਤਸਕਰੀ ਤੇ ਵਿਕਰੀ ਰੋਕਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੈਪੋ ਪ੍ਰੋਗਰਾਮ ਤਹਿਤ ਜ਼ਿਲ੍ਹੇ ‘ਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਭੈੜੀ ਅਲਾਮਤ ਵਿਰੁੱਧ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਅੱਜ ਸ਼ੁਰੂ ਕੀਤੀ ਗਈ ਹਫਤਾਵਾਰੀ ਮੁਹਿੰਮ ਨੂੰ ਵੀ ਸੰਗਰੂਰ ਜ਼ਿਲ੍ਹੇ ‘ਚ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਵੀ ਕਾਇਮ ਕੀਤੀ ਗਈਆਂ ਹਨ ਜੋ ਜਾਗਰੂਕਤਾ ਤੇ ਨਸ਼ਾ ਛੁਡਾਉਣ ਤੋਂ ਇਲਾਵਾ ਨਸ਼ਿਆਂ ਦੀ ਤਸਕਰੀ ਰੋਕਣ ਲਈ ਵੀ ਕਾਰਜਸ਼ੀਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਵੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਇਸ ਲਈ ਸਮਾਜ ਨੂੰ ਉਸ ਪ੍ਰਤੀ ਨਫਰਤ ਦੀ ਬਜਾਏ ਹਮਦਰਦੀ ਦੀ ਭਾਵਨਾ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਮਝਾ ਕੇ ਮੁੱਖ ਧਾਰਾ ਵਿੱਚ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਯਸ਼ ਪਾਲ ਸ਼ਰਮਾ ਤੇ ਵੱਖ-ਵੱਖ ਸੰਸਥਾਵਾਂ ਤੋਂ ਨੋਡਲ ਅਫ਼ਸਰ ਵੀ ਹਾਜ਼ਰ ਸਨ।
Please Share This News By Pressing Whatsapp Button