ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਮਲੇਰਕੋਟਲਾ ਵਿਖੇ ਮੁਫਤ ਮੈਡੀਕਲ ਚੈੱਕਅੱਪ ਕੈਂਪ ਆਯੋਜਿਤ
ਸੰਗਰੂਰ, 29 ਜੁਲਾਈ:
ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਯੋਗ ਅਗਵਾਈ ਹੇਠ ਸਬ-ਜੇਲ੍ਹ, ਮਲੇਰਕੋਟਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਸਿਹਤ ਵਿਭਾਗ, ਮਲੇਰਕੋਟਲਾ ਨਾਲ ਮਿਲ ਕੇ ਮੈਡੀਕਲ ਚੈੱਕ ਐੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ। ਇਸ ਮੈਡੀਕਲ ਚੈੱਕ ਅੱਪ ਕੈਂਪ ਲਗਾਉਣ ਦਾ ਮੁੱਖ ਉਦੇਸ਼ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਸਬੰਧੀ ਜਾਂਚ ਕਰਕੇ ਜੇਕਰ ਉਹਨਾਂ ਨੂੰ ਕੋਈ ਬੀਮਾਰੀ ਸਾਹਮਣੇ ਆਉਂਦੀ ਹੈ ਤਾਂ ਉਸਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਤੇ ਡਾਕਟਰਾਂ ਵਲੋਂ ਵਿਸ਼ਵ ਹੈਪੇਟਾਇਟਸ ਦਿਵਸ ਮੌਕੇ ਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੈਪੇਟਾਇਟਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਮੈਡਮ ਦੀਪਤੀ ਗੋਇਲ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਦਾ ਹਰ ਤਿੰਨ ਮਹੀਨੇ ਵਿੱਚ ਇੱਕ ਵਾਰ ਆਯੋਜਨ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਮੌਕੇ ਤੇ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਸਬੰਧੀ ਵਿਸਥਾਰ `ਚ ਜਾਣਕਾਰੀ ਦਿੱਤੀ ਅਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਸ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਤੇ ਸਬ ਜੇਲ੍ਹ, ਮਲੇਰਕੋਟਲਾ ਦੇ ਡਿਪਟੀ ਸੁਪਰਡੈਂਟ ਪ੍ਰੇਮਪਾਲ ਅਤੇ ਸਟਾਫ ਵੀ ਮੌਜੂਦ ਸਨ।
Please Share This News By Pressing Whatsapp Button