-ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਬਣਾਈ ਰਣਨੀਤੀ
ਮਲੇਰਕੋਟਲਾ 10 ਸਤੰਬਰ :
ਸਾਡੇ ਗੁਰੂਆਂ ਨੇ ਪੌਣ, ਪਾਣੀ ਤੇ ਧਰਤੀ ਨੂੰ ਗੁਰੂ, ਪਿਤਾ ਤੇ ਮਾਤਾ ਦਾ ਦਰਜਾ ਦੇ ਕੇ ਇਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਹੈ, ਜਿਸ ਉਪਰ ਅਮਲ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫ਼ਸਲਾਂ ਦੀ ਰਹਿੰਦ- ਖੂੰਹਦ (ਝੋਨੇ ਦਾ ਨਾੜ/ਕਣਕ ਦੀ ਪਰਾਲੀ ) ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਰਾਜੇਸ਼ ਤ੍ਰਿਪਾਠੀ , ਐਸ.ਡੀ.ਐਮ ਮਲੇਰਕੋਟਲਾ/ਅਮਰਗੜ੍ਹ ਸ੍ਰੀ ਟੀ.ਬੈਨਿਥ ,ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਵੀ ਮੌਜੂਦ ਸਨ। ਮੀਟਿੰਗ ‘ਚ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਇੱਕ ਵਿਸ਼ੇਸ਼ ਰਣਨੀਤੀ ਬਣਾਈ ਗਈ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਅਤੇ ਉਸ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਇੱਕ ਲੋਕ ਲਹਿਰ ਪੈਦਾ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਮਿਥੇ ਟੀਚਿਆਂ ਦੀ ਪੂਰਤੀ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਤੇ ਪਿੰਡਾਂ ਦੇ ਨੋਡਲ ਅਫ਼ਸਰ ਪਰਾਲੀ ਸਾੜਨ ਵਾਲਿਆਂ ‘ਤੇ ਨਿਗਰਾਨੀ ਰੱਖਣ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ ਖ਼ੁਦ/ਪਰਾਲੀ ਨੂੰ ਅੱਗ ਨਾ ਲਾਉਣ ਲਈ ਵਧ ਤੋਂ ਵਧ ਕਿਸਾਨਾਂ ਦੀ ਜਾਗਰੂਕਤਾ ਕਰਨ । ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਸਮੂਹ ਐਸ.ਡੀ.ਐਮ, ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ, ਮੁੱਖ ਖੇਤੀਬਾੜੀ ਅਫ਼ਸਰ, ਸਹਿਕਾਰਤਾ ਤੇ ਪੰਚਾਇਤ ਵਿਭਾਗ ਸਮੇਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਵਿਰੁੱਧ ਲਾਮਬੰਦ ਕਰਨਗੇ ਤਾਂ ਕਿ ਵਾਤਾਵਰਣ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਮੂਹ ਪਟਵਾਰੀ ਪਿੰਡਾਂ ‘ਚ ਪਰਾਲੀ ਨੂੰ ਅੱਗ ਲੱਗਣ ਦੀ ਰਿਪੋਰਟ ਕਰਨ ਨੂੰ ਯਕੀਨੀ ਕਰਨਗੇ।
ਇਸ ਮੌਕੇ ਐਸ.ਪੀ.ਸ੍ਰੀ ਅਮਨਦੀਪ ਸਿੰਘ ਬਰਾੜ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਾਜੀਵ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਰਿੰਪੀ ਗਰਗ,ਖੇਤੀਬਾੜੀ ਵਿਕਾਸ ਅਫ਼ਸਰ ਮਲੇਰਕੋਟਲਾ ਸ੍ਰੀ ਨਵਦੀਪ ਕੁਮਾਰ, ਖੇਤੀ ਬਾੜੀ ਵਿਕਾਸ ਅਫ਼ਸਰ ਅਹਿਮਦਗੜ੍ਹ ਸ੍ਰੀ ਕੁਲਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।
Please Share This News By Pressing Whatsapp Button