ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੁਨਾਮ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ’ਚ 2,000 ਉਮੀਦਵਾਰਾਂ ਨੇ ਕੀਤੀ ਸ਼ਿਰਕਤ
ਸੁਨਾਮ/ਸੰਗਰੂਰ, 10 ਸਤੰਬਰ:
ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹਨਾਂ ਮੇਲਿਆਂ ਦੀ ਲੜੀ ਤਹਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਲਗਾਏ ਰੋਜ਼ਗਾਰ ਮੇਲੇ ਵਿੱਚ ਨੌਕਰੀਆਂ ਲੈਣ ਦੇ ਚਾਹਵਾਨ ਲਗਭਗ 2,000 ਉਮੀਦਵਾਰਾਂ ਨੇ ਸ਼ਿਰਕਤ ਕੀਤੀ
ਰੋਜ਼ਗਾਰ ਮੇਲੇ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਨੌਜਵਾਨਾਂ ਦੀ ਯੋਗਤਾ ਅਨੁਸਾਰ ਚੋਣ ਕਰਕੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਅੱਜ ਦੇ ਰੋਜ਼ਗਾਰ ਮੇਲੇ ’ਚ ਵੀ ਦੁਪਹਿਰ 1 ਵਜੇ ਤੱਕ ਲਗਭਗ 1,000 ਨੌਜਵਾਨਾਂ ਦੀ ਚੋਣ ਕੀਤੀ ਜਾ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬੇਰੋਜ਼ਗਾਰਾਂ ਨੂੰ ਕਿੱਤਾਮੁੱਖੀ ਸਿਖਲਾਈ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਕਿ ਨੌਜਵਾਨ ਆਪਣੇ ਲਈ ਰੋਜ਼ਗਾਰ ਦੀ ਭਾਲ ਕਰਨ ਦੀ ਥਾਂ ਹੋਰਨਾਂ ਲਈ ਰੋਜ਼ਗਾਰ ਦਾ ਸਾਧਨ ਬਣਨ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਖੇਤਰਾਂ ਦੀਆਂ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਪੁੱਜੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਰੋਜ਼ਗਾਰ ਮੇਲੇ ਤੋਂ ਇਲਾਵਾ 13 ਸਤੰਬਰ 2021 ਨੂੰ ਸਰਕਾਰੀ ਰਣਬੀਰ ਕਾਲਜ ਸੰਗਰੂਰ, 15 ਸਤੰਬਰ 2021 ਨੂੰ ਯੂਨੀਵਰਸਿਟੀ ਕਾਲਜ ਬੇਨੜਾ ਧੂਰੀ ਅਤੇ 17 ਸਤੰਬਰ 2021 ਨੂੰ ਜੀ.ਪੀ.ਐੱਫ਼. ਕੰਪਲੈਕਸ, ਨੇੜੇ ਬੱਸ ਸਟੈਂਡ ਲਹਿਰਾ ਵਿਖੇ ਵੀ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਸੀਨੀਅਰ ਆਗੂ ਸ਼ੀਮਤੀ ਦਾਮਨ ਥਿੰਦ ਬਾਜਵਾ, ਐਸ.ਡੀ.ਐਮ. ਸੁਨਾਮ ਹਰਪ੍ਰੀਤ ਸਿੰਘ, ਹਰਮਨਦੇਵ ਸਿੰਘ ਬਾਜਵਾ ਤੋਂ ਇਲਾਵਾ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ।
Please Share This News By Pressing Whatsapp Button