ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 6.70 ਲੱਖ ਯੋਗ ਲਾਭਪਾਤਰੀਆਂ ਨੇ ਕੋਵਿਡ ਵੈਕਸੀਨ ਲਗਵਾਈ- ਡਿਪਟੀ ਕਮਿਸ਼ਨਰ
ਸੰਗਰੂਰ, 15 ਸਤੰਬਰ
ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 6 ਲੱਖ 70 ਹਜ਼ਾਰ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ । ਮਿਤੀ 16 ਸਤੰਬਰ 2021 ਨੂੰ ਵੈਕਸੀਨ ਦੀਆਂ 35 ਹਜ਼ਾਰ ਖੁਰਾਕਾਂ ਜ਼ਿਲ੍ਹਾ ਵਾਸੀਆਂ ਲਈ ਉਪਲੱਬਧ ਹੋਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹਫਤਾਵਰੀ ਫੇਸਬੁੱਕ ਲਾਇਵ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 14 ਥਾਵਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੈਕਸੀਨ ਰਾਹੀਂ ਕੋਰੋਨਾਵਾਇਰਸ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘਰਾਂ ’ਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬਾਕੀ ਪਰਿਵਾਰਿਕ ਮੈਂਬਰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਘਰਾਂ ਜਾਂ ਦਫ਼ਤਰਾਂ ਦੇ ਗਮਲੇ, ਕੂਲਰ ਤੋਂ ਇਲਾਵਾ ਹੋਰ ਵਸਤੂਆਂ ਜਿੰਨ੍ਹਾਂ ਵਿੱਚ ਪਾਣੀ ਖੜ੍ਹਾ ਹੋ ਸਕਦਾ ਹੈ ਉਨ੍ਹਾਂ ਨੂੰ ਸਾਫ਼ ਕੀਤਾ ਜਾਵੇ ਤਾਂ ਜੋ ਮੱਛਰ ਆਦਿ ਨਾ ਪੈਦਾ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾ ਕਿਹਾ ਕਿ ਪਰਾਲੀ ਦੀ ਅੱਗ ਨਾਲ ਪੈਦਾ ਹੋਣ ਵਾਲਾ ਧੂੰਆਂ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ ਉੱਥੇ ਹੀ ਮਨੁੱਖੀ ਸਿਹਤ ਲਈ ਵੀ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਹੇਠਲੇ ਮਿੱਤਰ ਕੀੜੇ ਵੀ ਨੁਕਸਾਨੇ ਜਾਂਦੇ ਹਨ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ’ਤੇ ਮਾੜਾ ਅਸਰ ਪੈਂਦਾ ਹੈ।
Please Share This News By Pressing Whatsapp Button