ਝੋਨੇ ਦੀ ਨਿਰਵਿਘਨ ਖ਼ਰੀਦ ਦੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਮਲੇਰਕੋਟਲਾ 29 ਸਤੰਬਰ :
ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ 01 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਦੇ ਕੰਮਾਂ ਦੀ ਨਿਗਰਾਨੀ ਖ਼ੁਦ ਕਰਨ, ਤਾਂ ਜੋ ਉਹ ਆਪਣੇ ਨਿਰਧਾਰਿਤ ਹਿੱਸੇ ਅਨੁਸਾਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਈਆਂ ਜਾ ਸਕੇ।ਉਨ੍ਹਾਂ ਹੋਰ ਕਿਹਾ ਕਿ ਮੰਡੀਆਂ ਵਿੱਚ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਭੁਗਤਾਨ ਕਰਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ ।ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਵਿੱਕਰੀ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ।
ਡਿਪਟੀ ਕਮਿਸ਼ਨਰ ਸ੍ਰੀਮਤੀ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੀ ਨਿਗਰਾਨੀ ਵਿੱਚ ਕੀਤੀ ਜਾਵੇਗੀ ਅਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਆਪਣੇ ਅਧਿਕਾਰ ਖੇਤਰ ਵਿੱਚ ਪ੍ਰੋਕਿਊਰਮੈਂਟ ਦੇ ਇੰਚਾਰਜ ਹੋਣਗੇ । ਉਨ੍ਹਾਂ ਹੋਰ ਦੱਸਿਆ ਕਿ ਖ਼ਰੀਦ ਪ੍ਰਤੀਕ੍ਰਿਆ ਨੂੰ ਨਿਰਵਿਘਨ ਯਕੀਨੀ ਬਣਾਉਣ ਲਈ ਜ਼ਿਲ੍ਹੇ ‘ਚ 46 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ । ਇਨ੍ਹਾਂ ਵੱਖ ਵੱਖ ਖ਼ਰੀਦ ਕੇਂਦਰ ਤੇ 14 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ । ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01675-252002 ਹੋਵੇਗਾ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਮੁੱਚੀ ਖ਼ਰੀਦ ਸਰਕਾਰ ਦੀਆਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਖਰੀਦ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਰੇਕ ਖ਼ਰੀਦ ਕੇਂਦਰਾਂ ਵਿੱਚ ਫੇਸ ਮਾਸਕ, ਹੈਂਡ ਸੈਨੇਟਾਈਜ਼ਰ, ਪੈਰ ਨਾਲ ਚੱਲਣ ਵਾਲੀਆਂ ਪਾਣੀ ਦੀਆਂ ਟੂਟੀਆਂ, ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਯੋਗ ਪਾਣੀ ਦੀ ਸਪਲਾਈ, ਸਾਫ਼ ਸੁਥਰੇ ਪਾਖਾਨੇ ਅਤੇ ਖ਼ਰੀਦ ਕੇਂਦਰਾਂ ਦੇ ਹਰੇਕ ਪ੍ਰਵੇਸ਼ ਦੁਆਰ ਉੱਤੇ ਝੋਨੇ ਦੀ ਗੁਣਵੱਤਾ ਦੀ ਜਾਂਚ ਲਈ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਦੀ ਤੈਅ ਹੱਦ ਮੁਤਾਬਕ ਹੀ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਇਸ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Please Share This News By Pressing Whatsapp Button