ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ ਕਰੀਬ 8 ਲੱਖ ਯੋਗ ਲਾਭਪਾਤਰੀਆਂ ਨੇ ਕੋਵਿਡ ਵੈਕਸੀਨ ਲਗਵਾਈ-ਡਿਪਟੀ ਕਮਿਸ਼ਨਰ
ਸੰਗਰੂਰ, 29 ਸਤੰਬਰ
ਮਿਸ਼ਨ ਫ਼ਤਿਹ ਤਹਿਤ ਕੋਵਿਡ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਅਤੇ ਕੋਵਿਡ-19 ਦੇ ਮਾਮਲਿਆਂ ’ਚ ਕਮੀ ਆਈ ਹੈ। ਜ਼ਿਲ੍ਹੇ ਦੇ ਕਰੀਬ 8 ਲੱਖ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਜਿਸ ਲਈ ਸਮੁੱਚਾ ਸਿਹਤ ਵਿਭਾਗ ਵਧਾਈ ਦਾ ਪਾਤਰ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹਫਤਾਵਰੀ ਫੇਸਬੁੱਕ ਲਾਇਵ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਾਉਣ ਲਈ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 14 ਥਾਵਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਜਥੇਬੰਦੀਆਂ ਅਤੇ ਹੋਰਨਾਂ ਅਦਾਰਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਹੋਣ ਕਾਰਨ ਮਨੁੱਖੀ ਜੀਵਨ, ਪਸ਼ੂਆਂ ਦੀ ਸਿਹਤ ਅਤੇ ਫ਼ਸਲਾਂ ’ਤੇ ਪ੍ਰਭਾਵ ਪਿਆ ਹੈ, ਇਸ ਲਈ ਆਲੇ ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਫ਼ ਸਫ਼ਾਈ ਲਈ ਲੋਕਾਂ ਨੂੰ ਪ੍ਰਸ਼ਾਸਨਿਕ ਮੱਦਦ ਦੀ ਲੋੜ ਹੈ ਤਾਂ ਉਹ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੌਸਮ ’ਚ ਮੱਛਰਾਂ ਦੇ ਪੈਦਾ ਹੋਣ ਨਾਲ ਡੇਂਗੂ, ਮਲੇਰੀਆ, ਆਦਿ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਘਰਾਂ ਜਾਂ ਦਫ਼ਤਰਾਂ ਦੇ ਗਮਲੇ, ਕੂਲਰ ਤੋਂ ਇਲਾਵਾ ਹੋਰ ਵਸਤੂਆਂ ਜਿੰਨ੍ਹਾਂ ਵਿੱਚ ਪਾਣੀ ਖੜ੍ਹਾ ਹੋ ਸਕਦਾ ਹੈ ਉਨ੍ਹਾਂ ਨੂੰ ਸਾਫ਼ ਕੀਤਾ ਜਾਵੇ ਤਾਂ ਜੋ ਮੱਛਰ ਆਦਿ ਨਾ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸੰਭਾਲ ਲਈ ਕਿਸਾਨ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ। ਉਨ੍ਹਾ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾ ਕਿਹਾ ਕਿ ਪਰਾਲੀ ਦੀ ਅੱਗ ਨਾਲ ਪੈਦਾ ਹੋਣ ਵਾਲਾ ਧੂੰਆਂ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ ਉੱਥੇ ਹੀ ਮਨੁੱਖੀ ਸਿਹਤ ਲਈ ਵੀ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਹੇਠਲੇ ਮਿੱਤਰ ਕੀੜੇ ਵੀ ਨੁਕਸਾਨੇ ਜਾਂਦੇ ਹਨ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ’ਤੇ ਮਾੜਾ ਅਸਰ ਪੈਂਦਾ ਹੈ।
I/257191/2021
Please Share This News By Pressing Whatsapp Button