ਆਉਂਦੀਆਂ ਪੀੜੀਆਂ ਲਈ ਸ਼ੁੱਧ ਹਵਾ ਅਤੇ ਪਾਣੀ ਵਿਰਾਸਤ ਵਜੋਂ ਛੱਡਣਾ ਸਾਡਾ ਸਾਰਿਆਂ ਦਾ ਫ਼ਰਜ਼ : ਡਿਪਟੀ ਕਮਿਸ਼ਨਰ
ਮਲੇਰਕੋਟਲਾ 01 ਅਕਤੂਬਰ :
ਜ਼ਿਲ੍ਹੇ ਦੇ ਕਿਸਾਨਾਂ ‘ਚ ਪਰਾਲੀ ਨਾ ਸਾੜਨ ਦੇ ਉਦੇਸ਼ ਨਾਲ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਪੱਧਰ ‘ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਨੁੱਕੜ ਮੀਟਿੰਗਾਂ ਸ਼ੁਰੂ ਕੀਤੀਆਂ ਹਨ ਤਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਨੁੱਕੜ ਮੀਟਿੰਗਾਂ ਦਾ ਉਦੇਸ਼ ਕਿਸਾਨਾਂ ਨੂੰ ਫ਼ਸਲਾਂ ਦੇ ਰਹਿੰਦ ਖੂੰਹਦ ਅੱਗਾਂ ਨੂੰ ਲਗਾਉਣ ਦੇ ਰੁਝਾਨ ਨੂੰ ਖ਼ਤਮ ਕਰਨਾ ਹੈ ।ਅੱਜ ਉਹ ਪਿੰਡਾਂ ਚੌਦਾ ਅਤੇ ਹਥਨ ਵਿਖੇ ਜਾ ਕੇ ਪਿੰਡ ਵਾਸੀਆਂ ਨੂੰ ਮਿਲੇ।ਇੱਥੇ ਇਹ ਵਰਨਨਯੋਗ ਹੈ ਕਿ ਇਹ ਮਲੇਰਕੋਟਲਾ ਦੇ ਉਹ ਪਿੰਡ ਵਿੱਚੋਂ ਹਨ ਜਿੱਥੇ ਪਿਛਲੇ ਸਾਲ ਸਭ ਤੋਂ ਜ਼ਿਆਦਾ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਸੀ ।
ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਧਰਤੀ ਮਾਂ ਦੀ ਸਿਹਤ ਸੰਭਾਲ ਕਰੀਏ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੇ ਬਹੁਤ ਸਾਰੇ ਖ਼ੁਰਾਕ ਤੱਤ ਸੜ ਕੇ ਦੇ ਸਵਾਹ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਤੇ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਪੀੜੀਆਂ ਲਈ ਸ਼ੁੱਧ ਹਵਾ ਅਤੇ ਪਾਣੀ ਵਿਰਾਸਤ ਵੱਲੋਂ ਛੱਡਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ ।ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਆਉਣ ਵਾਲੀ ਪੀੜੀ ਨੂੰ ਉਪਜਾਊ ਜ਼ਮੀਨ ਅਤੇ ਸਾਫ਼ ਸੁਥਰਾ ਵਾਤਾਵਰਣ ਦੇਣ ਲਈ ਕਿਸਾਨ ਵੀਰ ਅੱਗੇ ਆਉਣ ।
ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਨਿਬੇੜੇ ਲਈ ਆਧੁਨਿਕ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਾਈ ਜਾ ਰਹੀ ਹੈ। ਕਿਸਾਨ ਇਸ ਮਸ਼ੀਨਰੀ ਦਾ ਲਾਹਾ ਲੈਂਦੇ ਹੋਏ ਝੋਨੇ ਦੀ ਪਰਾਲੀ ਦਾ ਯੋਗ ਨਿਬੇੜਾ ਕਰਨ ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤੇ ਖੇਤੀਬਾੜੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਤਕਨੀਕਾਂ ਅਪਣਾਈਆਂ ਜਾਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਹਾਇਕ ਧੰਦੇ ਵੀ ਅਪਣਾਏ ਜਾਣ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਦੱਸਿਆ ਕਿ ‘ਆਈ ਖੇਤ ਐਪ’ ਰਾਹੀਂ ਕਿਸਾਨ ਆਪਣੇ ਨੇੜਲੇ ਖੇਤਰ ਵਿੱਚ ਲੋੜੀਂਦੀ ਮਸ਼ੀਨ ਦਾ ਪਤਾ ਕਰਕੇ ਇਸ ਨੂੰ ਕਿਰਾਏ ‘ਤੇ ਲੈ ਸਕਦੇ ਹਨ।ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਮ-ਸੰਵਾਦ (ਮੋਬਾਇਲ ਸੰਵਾਦ) ਪ੍ਰੋਗਰਾਮ ਵੀ ਉਲੀਕਿਆ ਹੈ ਜਿਸ ਦਾ ਕਿਸਾਨਾਂ ਨੂੰ ਵਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਪਰਾਲੀ /ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਾਂਗੇ ਅਤੇ ਸਰਕਾਰ ਵੱਲੋਂ ਸੁਝਾਏ ਤਕਨੀਕੀ ਮਸ਼ੀਨਰੀ ਦਾ ਸਹਾਰਾ ਲੈ ਕੇ ਪਰਾਲੀ ਦਾ ਯੋਗ ਪ੍ਰਬੰਧ ਕਰਾਂਗੇ ।
ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਨਵਦੀਪ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਨਾੜ/ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਅੱਗ ਲਗਾਉਣਾ ਆਪਣੇ ਪੈਸੇ ਨੂੰ ਅੱਗ ਲਗਾਉਣ ਦੇ ਬਰਾਬਰ ਹੈ ਕਿਉਂਕਿ ਉਸ ਨੂੰ ਖੇਤ ਵਿੱਚ ਦਬਾਉਣ ਨਾਲ ਨਾੜ ਵਿੱਚ ਮੌਜੂਦ ਖ਼ੁਰਾਕ ਤੱਤ ਦੁਬਾਰਾ ਜ਼ਮੀਨ ਵਿੱਚ ਜਮ੍ਹਾਂ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘਟਣੀ ਸ਼ੁਰੂ ਹੋ ਜਾਂਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।ਜਿਸ ਨਾਲ ਖਾਦਾਂ ਦੀ ਵਰਤੋਂ ਵੀ ਘੱਟਦੀ ਹੈ ਅਤੇ ਝਾੜ ਵਿੱਚ ਵੀ ਚੋਖਾ ਵਾਧਾ ਹੁੰਦਾ ਹੈ। ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀਮਤੀ ਕੁਲਦੀਪ ਕੌਰ ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਲਾਂਚ ਕੀਤੀ ਐਪ ਆਈ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਇੰਦਰਦੀਪ ਕੌਰ , ਸ੍ਰੀ ਰਮਨਦੀਪ ਸਿੰਘ ,ਸ੍ਰੀ ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
Please Share This News By Pressing Whatsapp Button