ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ
ਮਲੇਰਕੋਟਲਾ 04 ਅਕਤੂਬਰ :
ਮਲੇਰਕੋਟਲਾ ਦੇ ਨੇੜਲੇ ਪਿੰਡ ਹਥਨ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਸਬੰਧੀ ਜਾਗਰੂਕ ਕਰਨ ਸੀ ।
ਇਸ ਕਿਸਾਨ ਜਾਗਰੂਕਤਾ ਕੈਂਪ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਅਪੀਲ ਕਰਦਿਆਂ ਡਾਕਟਰ ਨਵਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ (ਜ.ਕ.) ਮਲੇਰਕੋਟਲਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਕਿਉਂਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ । ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਫ਼ਸਲਾਂ ਨੂੰ ਲੋੜੀਂਦੇ ਜ਼ਰੂਰੀ ਖੁਰਾਕੀ ਤੱਥ ਜਿਵੇਂ ਕਿ ਨਾਈਟ੍ਰੋਜਨ, ਫਾਸਫੋਰਸ , ਪੁਟਾਸ਼ ਅਤੇ ਗੰਧਕ ਆਦਿ ਸੜ ਜਾਂਦੇ ਹਨ, ਜਿਸ ਕਰਕੇ ਕਿਸਾਨਾਂ ਦਾ ਸਿੱਧੇ ਤੌਰ ਤੇ ਵਿੱਤੀ ਨੁਕਸਾਨ ਹੁੰਦਾ ਹੈ। ਝੋਨੇ ਦੇ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਜੀਵਾਣੂਆਂ ਦਾ ਵੀ ਨਾਸ਼ ਹੋ ਜਾਂਦਾ ਹੈ ।
ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਕਾਸ਼ਤ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਜਾਵੇ । ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਤੇ ਖ਼ਰਚਾ ਘਟਦਾ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਜੀਵਾਣੂ ਖਾਦ ਟੀਕਾ ਜ਼ਰੂਰ ਵਰਤਣ ਦੀ ਅਪੀਲ ਕੀਤੀ।
ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀਮਤੀ ਕੁਲਦੀਪ ਨੇ ਕਿਸਾਨਾਂ ਨੂੰ ਆਈ ਖੇਤ ਐਪ ਬਾਰੇ ਜਾਣੂ ਕਰਵਾਇਆ ਜਿਸ ਦੀ ਸਹਾਇਤਾ ਨਾਲ ਕਿਸਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਲਈ ਆਪਣੇ ਨੇੜਲੇ ਪਿੰਡਾਂ ਦੀ ਮਸ਼ੀਨਰੀ ਕਿਰਾਏ ਉੱਪਰ ਲੈ ਸਕਦੇ ਹਨ ।ਉਨ੍ਹਾਂ ਵੱਲੋਂ ਐੱਮ ਸੰਵਾਦ ਅਤੇ ਵੱਟਸਐਪ ਚੈਟ ਬਾਕਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇੰਦਰਦੀਪ ਕੌਰ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਕ੍ਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਮਸ਼ੀਨਰੀ ਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ ।
ਇਸ ਬਲਾਕ ਪੱਧਰੀ ਕੈਂਪ ਵਿਚ ਰਮਨਦੀਪ ਸਿੰਘ, ਦਲਜੀਤ ਸਿੰਘ, ਮਨਵੀਰ ਸਿੰਘ, ਤਿੰਨੋਂ ਐਗਰੀਕਲਚਰ ਟੈਕਨਾਲੋਜੀ ਮੈਨੇਜਰ ਅਤੇ ਭਾਰੀ ਗਿਣਤੀ ਵਿਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ।
Please Share This News By Pressing Whatsapp Button