ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ- ਸੰਭਾਲ ਲਈ ਲਗਾਇਆ ਸਿਖਲਾਈ ਕੈਂਪ
ਸੰਗਰੂਰ, 7 ਅਕਤੂਬਰ:
ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਿੱਢੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ)ਡਾ. ਮਨਦੀਪ ਸਿੰਘ ਨੇ ਦਿੱਤੀ।
ਡਾ. ਮਨਦੀਪ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ, ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸਿ਼ਤ ਹੁੰਦਾ ਹੋਣ ਦੇ ਨਾਲ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਹਨਾਂ ਦੱਸਿਆ ਕਿ ਹੁਣ ਪਰਾਲੀ ਦੀ ਖੇਤ ਵਿੱਚ ਹੀ ਸੁਚੱਜੇ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਈ ਤਰ੍ਹਾਂ ਦੀ ਖੇਤੀ ਮਸ਼ੀਨਰੀ ਦੀ ਸਿਫਾਰਸ਼ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਮੁੜ ਖੇਤ ਵਿੱਚ ਹੀ ਮਿਲਾਇਆ ਜਾ ਸਕਦਾ ਹੈ ਜਾਂ ਮਲਚ ਦੇ ਤੌਰ ਤੇ ਕੰਮ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਗਲਣ ਉਪਰੰਤ ਖਾਦ ਬਣ ਜਾਂਦੀ ਹੈ ਜਿਸ ਨਾਲ ਜ਼ਮੀਨ ਦੀ ਜੈਵਿਕ ਸਿਹਤ ਵਿੱਚ ਸੁਧਾਰ ਆਉਂਦਾ ਹੈ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇਂ ਹਲ, ਮਲਚਰ, ਚੌਪਰ, ਜ਼ੀਰੋ ਟਿਲ ਡਰਿੱਲ, ਕਟਰ-ਕਮ-ਸਪਰੈਡਰ ਆਦਿ ਦੀ ਵਰਤੋਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸ਼ੀਨ ਦੀ ਚੰਗੀ ਕਾਰਜ਼ੁਗਾਰੀ ਲਈ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਵਾਲੀ ਕੰਬਾਈਨ ਤੋਂ ਕਰਵਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਾ. ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਣਕ ਦੇ ਬੀਜ ਦੀ ਸੋਧ ਲਈ ਵਰਤੇ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਜਾਣਕਾਰੀ ਦਿੱਤੀ। ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਬਾਰੇ ਦੱਸਿਆ।
Please Share This News By Pressing Whatsapp Button