ਖੇਤੀਬਾੜੀ ਵਿਭਾਗ ਨੇ ਭੜੀ ਮਾਨਸਾ ਵਿਖੇ ਲਾਇਆ ਕਿਸਾਨ ਜਾਗਰੂਕਤਾ ਕੈਂਪ
ਮਲੇਰਕੋਟਲਾ 13 ਅਕਤੂਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਲੇਰਕੋਟਲਾ ਵੱਲੋਂ ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਪਿੰਡ ਭੜੀ ਮਾਨਸਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਨਵਦੀਪ ਕੁਮਾਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਪ੍ਰਦੂਸ਼ਣ ਦੀ ਰੋਕਥਾਮ ਤੇ ਪਾਣੀ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਲਾਉਣ ਕਰਕੇ ਪੰਛੀਆਂ, ਜੀਵ ਜੰਤੂਆਂ ਤੇ ਮਨੁੱਖ ਦੀ ਸਿਹਤ ਬੁਰਾ ਪ੍ਰਭਾਵ ਪੈਂਦਾ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਬਚਿਆਂ ਦਾ ਮਾਨਸਿਕ ਵਾਧਾ ਰੁਕ ਜਾਂਦਾ ਹੈ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੁੰਦੀ ਹੈ।
ਖੇਤੀਬਾੜੀ ਵਿਕਾਸ ਅਫ਼ਸਰ ਨਵਦੀਪ ਕੁਮਾਰ ਨੇ ਹੋਰ ਦੱਸਿਆ ਕਿ ਨਾੜ ਤੋਂ ਪੈਦਾ ਹੋਏ ਧੂੰਏਂ ਕਰਕੇ ਰੋਡ ਤੇ ਕਈ ਭਿਆਨਕ ਐਕਸੀਡੈਂਟ ਹੋ ਜਾਂਦੇ ਹਨ ਜਿਸ ਕਰਕੇ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਣਕ ਦੀ ਬਿਜਾਈ ਹੈਪੀ ਸੀਡਰ ਜਾਂ ਸੁਪਰ ਸੀਡਰ ਜਾਂ ਰੋਟਾਵੇਟਰ ਦੀ ਵਰਤੋ ਨਾਲ ਕਰਨ ਲਈ ਅਪੀਲ ਕੀਤੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੇ ਅਤੇ ਅੱਗ ਨਾ ਲਗਾਵੇ। ਜੇਕਰ ਕਿਸਾਨ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਵਾਹੁੰਦਾ ਹੈ ਤਾਂ ਉਹ ਕਈ ਅਣਮੁੱਲੇ ਤੱਤਾਂ ਅਤੇ ਜੈਵਿਕ ਮਾਦੇ ਨੂੰ ਆਪਣੇ ਖੇਤਾਂ ਵਿੱਚ ਸੰਭਾਲ ਕੇ ਰੱਖਦਾ ਹੈ, ਜਿਸ ਨਾਲ ਫ਼ਸਲ ਦੇ ਝਾੜ ਵਿੱਚ ਵਾਧਾ ਹੋਣ ਨਾਲ ਰਸਾਇਣਿਕ ਖਾਦਾਂ ਦੇ ਖ਼ਰਚੇ ਵਿੱਚ ਵੀ ਬੱਚਤ ਹੁੰਦੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਣਕ ਦੇ ਬੀਜ ਨੂੰ ਬੀਜਣ ਤੋਂ ਪਹਿਲਾਂ ਜੀਵਾਣੂ ਖਾਦ ਨਾਲ ਸੋਧਿਆ ਜਾਵੇ। ਇਸ ਮੌਕੇ ਤੇ ਰਮਨਦੀਪ ਸਿੰਘ ਤਕਨੀਕੀ ਮੈਨੇਜਰ, ਕਰਮਜੀਤ ਸਿੰਘ, ਮਲਕੀਤ ਸਿੰਘ, ਭਗਵੰਤ ਸਿੰਘ ਹਰਪਾਲ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
Please Share This News By Pressing Whatsapp Button