ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਕੀਤਾ ਉਦਘਾਟਨ
ਸੰਗਰੂਰ, 19 ਅਕਤੂਬਰ:
ਪੰਜਾਬ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ ਅਤੇ ਰਾਜ ਸਰਕਾਰ ਵੱਲੋਂ ਹਮੇਸ਼ਾਂ ਕਿਸਾਨ ਹਿਤੈਸੀ ਫੈਸਲੇ ਲਏ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋਂ ਹੋਟਲ ਸਨਰਾਈਜ਼ ਧੂਰੀ ਰੋਡ ਵਿਖੇ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਾਜ ਅੰਦਰ ਹਾੜੀ ਦੀਆਂ ਫਸਲਾਂ ਲਈ ਲੋੜੀਂਦੇ ਡੀ.ਏ.ਪੀ ਖਾਦ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ 22 ਰੈਕ ਡੀ.ਏ.ਪੀ ਖਾਦ ਦੇ ਮਨਜ਼ੂਰ ਹੋ ਗਏ ਹਨ, ਜਿਸਦੇ ਵਿੱਚੋਂ 3 ਰੈਕ ਜ਼ਿਲਾ ਸੰਗਰੂਰ ’ਚ ਜਲਦ ਪਹੰੁਚ ਜਾਣਗੇ। ਉਨਾਂ ਕਿਸਾਨ ਭਰਾਵਾਂ ਨੂੰ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਸਿਫਾਰਸ਼ਾਂ ਉਪਰ ਅਮਲ ਕਰਨ ਲਈ ਕਿਹਾ ਅਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ, ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ ਅਤੇ ਫੁੱਲਾਂ ਦੀ ਕਾਸ਼ਤ ਆਦਿ ਅਪਣਾਉਣ ਦੀ ਅਪੀਲ ਕੀਤੀ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਖੇਤੀਬਾੜੀ ਦੇ ਕਾਰੋਬਾਰ ਨਾਲ ਜੁੜੇ ਨੌਜਵਾਨ ਵਰਗ ਨੂੰ ਆਧੁਨਿਕ ਤਕਨੋਲਜੀ ਨਾਲ ਜੁੜ ਕੇ ਹੋਰਨਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਮਜ਼ਬੂਤੀ ਲਈ ਕਿਸਾਨਾਂ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਸਾਨਾਂ ਨੂੰ ਦੇਸ਼ ਦਾ ਪੇਟ ਭਰਨ ਵਾਲਾ ਅੰਨਦਾਤਾ ਕਹਿ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ’ਤੇ ਥੋਪੇ ਜਾ ਰਹੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਇਸ ਤੋਂ ਪਹਿਲਾ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੈਂਪ ਦੋਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ। ਉਨਾਂ ਆਪਣੇ ਨਿਰੀਖਣ ਦੌਰਾਨ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ।
Please Share This News By Pressing Whatsapp Button