ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ 1784 ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਨੂੰ ਪ੍ਰਵਾਨਗੀ-ਸੰਦੀਪ ਹੰਸ
ਪਟਿਆਲਾ, 21 ਅਕਤੂਬਰ:(ਬਲਵਿੰਦਰ ਪਾਲ )
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ ‘ਚ 1784 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੀ ਗਈ ਤਜਵੀਜ਼ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤ ਮੁਤਾਬਕ ਪੋਲਿੰਗ ਸਟੇਸ਼ਨਾਂ ਦੀ ਥਾਂ ਨੂੰ ਆਬਾਦੀ ਮੁਤਾਬਕ (ਪੋਲਿੰਗ ਸਟੇਸ਼ਨ ਲਿਮਟ 1200 ਵੋਟਰ) ਤਰਕ ਸੰਗਤ ਕਰਕੇ ਸਮੂਹ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਚੋਣ ਕਮਿਸ਼ਨ ਨੂੰ ਤਜਵੀਜ਼ ਭੇਜੀ ਗਈ ਸੀ, ਜਿਸ ਮੁਤਾਬਕ ਜ਼ਿਲ੍ਹੇ ਅੰਦਰ 1784 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਮੁਤਾਬਕ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਨਾਭਾ ‘ਚ 226 ਪੋਲਿੰਗ ਸਟੇਸ਼ਨ, ਪਟਿਆਲਾ ਦਿਹਾਤੀ ‘ਚ 258, ਰਾਜਪੁਰਾ ਵਿਖੇ 201, ਘਨੌਰ ‘ਚ 210, ਸਨੌਰ ‘ਚ 270, ਪਟਿਆਲਾ ਵਿਧਾਨ ਸਭਾ ਹਲਕੇ ‘ਚ 182, ਸਮਾਣਾ ਹਲਕੇ ‘ਚ 232 ਅਤੇ ਸ਼ੁਤਰਾਣਾ ਹਲਕੇ ‘ਚ 205 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਪ੍ਰਵਾਨ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕੇ ਨਾਲ ਸਬੰਧਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ, ਨਗਰ ਕੌਂਸਲ ਦਫ਼ਤਰਾਂ, ਬੀ.ਡੀ.ਪੀ.ਓ. ਤੇ ਤਹਿਸੀਲ ਦਫ਼ਤਰਾਂ ਵਿਖੇ ਦੇਖਣ ਲਈ ਉਪਲਬਧ ਹੈ। ਉਨ੍ਹਾਂ ਕਿਹਾ ਕਿ ਵੋਟਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਆਪਣੇ ਸਬੰਧਤ ਪੋਲਿੰਗ ਬੂਥ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਕਤ ਦਫ਼ਤਰ ‘ਚ ਜਾਕੇ ਜਾਣਕਾਰੀ ਲੈ ਸਕਦੇ ਹਨ।
Please Share This News By Pressing Whatsapp Button