ਸਿਵਲ ਸਰਜਨ ਵੱਲੋਂ ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ *ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਤੋਂ ਮੰਗਿਆ ਸਹਿਯੋਗ
ਸੰਗਰੂਰ, 22 ਅਕਤੂਬਰ:
ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੇ ਪ੍ਰਕੋਪ ਤੋਂ ਬਚਾਅ ਲਈ ਜਾਗਰੂਕ ਸਰਗਰਮੀਆਂ ਹੋਰ ਤੇਜ਼ ਕਰਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਡੇਂਗੂ ਪ੍ਰਤੀ ਹੋਰ ਵਧੇਰੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਲਾਰਵੇ ਨੂੰ ਨਸ਼ਟ ਕਰਨ ਲਈ ਸਰਵੇ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੱਛਰਾਂ ਤੇ ਕਾਬੂ ਪਾਉਣ ਲਈ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਅਤੇ ਪਾਣੀ ਨੂੰ ਕਿਧਰੇ ਵੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਸਮੇਂ ਕੱਟਦਾ ਹੈ। ਉਨ੍ਹਾਂ ਕਿਹਾ ਕਿ ਇਹ ਮੱਛਰ ਪਰਦਿਆਂ ਦੇ ਪਿੱਛੇ, ਫਰਨੀਚਰ ਦੇ ਹੇਠਾਂ ਅਤੇ ਸਾਡੇ ਘਰਾਂ ਅਤੇ ਦਫਤਰਾਂ ਦੇ ਕਮਰਿਆਂ ਕੋਨਿਆ ਵਿਚ ਛੁਪਿਆ ਹੋ ਸਕਦਾ ਹੈ, ਇਸ ਲਈ ਸਰੀਰ ਨੂੰ ਚੰਗੀ ਤਰ੍ਹਾਂ ਢੱਕਣ ਵਾਲੇ ਕੱਪੜੇ ਹੀ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਮੱਛਰ ਨੂੰ ਪਣਪਨ ਤੋਂ ਰੋਕਣ ਲਈ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣਾ, ਘਰਾਂ ਵਿੱਚ ਕੂਲਰ, ਫਰਿੱਜਾਂ ਦੀਆਂ ਟਰੇਆਂ , ਪੰਛੀਆਂ ਤੇ ਜਾਨਵਰਾਂ ਨੂੰ ਪਾਣੀ ਪਾਉਣ ਵਾਲੇ ਕਟੋਰੇ, ਗਮਲੇ ਆਦਿ ਹਰ ਹਫਤੇ ਖਾਲੀ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਟੋਭਿਆਂ ਵਿਚ ਗੰਬੂਜੀਆ ਮੱਛੀਆਂ ਛੱਡੀਆਂ ਗਈਆਂ ਹਨ ਜੋ ਕਿ ਮੱਛਰ ਦੇ ਲਾਰਵੇ ਨੂੰ ਖਾਂਦੀਆਂ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਇੱਕ ਸੰਚਾਰੀ ਰੋਗ ਹੈ, ਜਿਸ ਦੇ ਮੁੱਖ ਲੱਛਣ ਤੇਜ ਬੁਖਾਰ, ਸਰੀਰ ਅਤੇ ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ , ਬਹੁਤ ਜ਼ਿਆਦਾ ਕਮਜ਼ੋਰੀ, ਭੁੱਖ ਨਾ ਲੱਗਣਾ, ਮੂੰਹ ਦਾ ਸੁਆਦ ਖ਼ਰਾਬ ਹੋਣਾ, ਗਲੇ ਵਿੱਚ ਹਲਕਾ ਦਰਦ ਅਤੇ ਸਰੀਰ ’ਤੇ ਲਾਲ ਦਾਣੇ ਨਿਕਲਣਾ ਆਦਿ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ. ਐੱਸ.ਜੇ. ਸਿੰਘ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਵਿਨੀਤ ਨਾਗਪਾਲ ਹਾਜ਼ਰ ਸਨ। .
Please Share This News By Pressing Whatsapp Button