ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ‘ਚ ਪੁਲਿਸ ਸ਼ਹੀਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ -ਏ.ਡੀ.ਜੀ.ਪੀ. ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਵੱਲੋਂ ਜੇਲ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਪਟਿਆਲਾ, 22 ਅਕਤੂਬਰ:
ਪੰਜਾਬ ਦੇ ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਪੰਜਾਬ ‘ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਸ੍ਰੀ ਸਿਨਹਾ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਿਤ ਕਰਨ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਇੰਸਪੈਕਟਰ ਜਨਰਲ ਜੇਲ੍ਹਾਂ ਪੰਜਾਬ ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. ਜੇਲ੍ਹਾਂ ਹੈਡਕੁਆਟਰ ਅਤੇ ਸਰਕਲ ਪਟਿਆਲਾ ਸੁਰਿੰਦਰ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ।
ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਦੇਸ਼ ਅਤੇ ਆਪਣੇ ਸੂਬੇ ਦੀ ਰੱਖਿਆ ਲਈ ਕੁਰਬਾਨੀ ਤੋਂ ਵੱਡਾ ਕੋਈ ਬਲੀਦਾਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਜਿੰਨਾ ਵੀ ਮਾਣ ਸਨਮਾਨ ਕੀਤਾ ਜਾਵੇ, ਉਹ ਥੋੜਾ ਹੈ। ਸ੍ਰੀ ਸਿਨਹਾ ਨੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।
ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਤੇ ਇਨ੍ਹਾਂ ਦਾ ਨਿਪਟਾਰਾ ਕਰਨ ਦਾ ਵਿਸ਼ਵਾਸ਼ ਦਿਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਜੇਲ੍ਹ ਟ੍ਰੇਨਿੰਗ ਸਕੂਲ ਦੇ ਸਟਾਫ ਅਤੇ ਟ੍ਰੇਨੀਜ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਸਿੰਘ ਧਾਲੀਵਾਲ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸੁਪਰਡੈਂਟ ਕੇਂਦਰੀ ਜੇਲ੍ਹ ਸ਼ਿਵਰਾਜ ਸਿੰਘ ਨੰਦਗੜ, ਸੁਪਰਡੈਂਟ ਮੈਕਸੀਮਮ ਸਕਿਉਰਟੀ ਜੇਲ੍ਹ ਨਾਭਾ ਅਰਵਿੰਦਰਪਾਲ ਸਿੰਘ ਭੱਟੀ, ਸੁਪਰਡੈਂਟ ਖੁੱਲੀ ਖੇਤੀਬਾੜੀ ਜੇਲ੍ਹ ਨਾਭਾ ਮਨਜੀਤ ਸਿੰਘ ਟਿਵਾਣਾ ਤੇ ਵਾਇਸ ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਮੁਕੇਸ਼ ਕੁਮਾਰ ਸ਼ਰਮਾ ਵੀ ਹਾਜਰ ਰਹੇ।
Please Share This News By Pressing Whatsapp Button