ਪਿੰਡ ਕਨੋਈ ਦੇ ਅਗਾਂਹਵਧੂ ਕਿਸਾਨ ਗੁਰਿੰਦਰ ਸਿੰਘ ਨੇ ਪਿਛਲੇ 7 ਸਾਲਾਂ ਤੋਂ ਨਹੀਂ ਲਗਾਈ ਝੋਨੇ ਦੀ ਪਰਾਲੀ ਨੂੰ ਅੱਗ
ਸੰਗਰੂਰ, 25 ਅਕਤੂਬਰ:
ਜ਼ਿਲੇ ਦੇ ਪਿੰਡ ਕਨੋਈ ਦਾ ਅਗਾਂਹਵਧੂ ਕਿਸਾਨ ਗੁਰਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਾਏ ਖੜੇ ਕਰਚਿਆਂ ਵਿੱਚ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਕਿਸਾਨ ਗੁਰਿੰਦਰ ਸਿੰਘ 12 ਏਕੜ ਜ਼ਮੀਨ ’ਤੇ ਵਾਹੀ ਕਰ ਰਿਹਾ ਹੈ, ਜਿਸ ਵਿੱਚੋਂ 10 ਏਕੜ ਜ਼ਮੀਨ ਉਸ ਦੀ ਮਾਲਕੀ ਵਾਲੀ ਹੈ ਤੇ 2 ਏਕੜ ਜਮੀਨ ਠੇਕੇ ’ਤੇ ਲਈ ਹੋਈ ਹੈ।
ਸਫ਼ਲ ਕਿਸਾਨ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਿ 2014 ਵਿੱਚ ਉਸ ਨੇ ਹੈਪੀਸੀਡਰ ਨਾਲ ਝੋਨੇ ਦੇ ਖੜੇ ਕਰਚਿਆਂ ਵਿੱਚ ਬਿਜਾਈ ਸ਼ੁਰੂ ਕੀਤੀ, ਜਿਸ ਨਾਲ ਉਸ ਦਾ ਖਰਚਾ ਘੱਟ ਹੋਇਆ ਅਤੇ ਝਾੜ ਵੱਧ ਪ੍ਰਾਪਤ ਕੀਤਾ। ਉਨਾਂ ਕਿਹਾ ਕਿ ਇਸ ਤੋਂ ਬਾਅਦ ਉਸ ਨੇ ਪਰਾਲੀ ਨੂੰ ਬਿਨਾਂ ਅੱਗ ਲਾਏ ਵਾਹੀ ਕਰਨੀ ਸ਼ੁਰੂ ਕਰ ਦਿੱਤੀ। ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਹੈਪੀਸੀਡਰ ਨਾਲ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਕਰਕੇ ਚੰਗੀ ਪੈਦਾਵਾਰ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਹੈਪੀਸੀਡਰ ਨਾਲ ਬਿਜਾਈ ਕਰਨ ਨਾਲ ਉਸ ਦੇ ਖੇਤ ਵਿੱਚ ਕਲੱਰ ਦੀ ਮਾਤਰਾ ਵਿੱਚ ਕਮੀ ਆਈ ਅਤੇ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਹਰ ਸਾਲ ਜੈਵਿਕ ਮਾਦੇ ਦੀ ਮਾਤਰਾ ਵੱਧ ਰਹੀ ਹੈ।
ਕਿਸਾਨ ਗੁਰਿੰਦਰ ਸਿੰਘ ਨੇ ਦੱਸਿਆ ਕਿ ਅਕਤੂਬਰ 2019 ਵਿਚ ਉਸ ਨੂੰ ਪੀ.ਏ.ਯੂ. ਲੁਧਿਆਣਾ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ 9 ਸਤੰਬਰ 2019 ਨੂੰ ਸਾਬਕਾ ਕੇਂਦਰੀ ਰਾਜ ਖੇਤੀਬਾੜੀ ਮੰਤਰੀ ਪੁਰਸ਼ੋਤਮ ਰੂਪਾਲਾ ਵਲੋਂ ਕਿ੍ਰਸ਼ੀ ਭਵਨ ਨਵੀਂ ਦਿੱਲੀ ਵਿਖੇ ਸਨਮਾਨਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਸ ਨੂੰ ਜਿਲਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਵੀ ਫਸਲਾਂ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਕਰਨ ਲਈ ਵੱਖ ਵੱਖ ਪ੍ਰੋਗਰਾਮਾਂ ਦੌਰਾਣ ਸਨਮਾਨਿਤ ਕੀਤਾ ਗਿਆ ਹੈ।
ਅਗਾਂਹਵਧੂ ਕਿਸਾਨ ਨੇ ਕਿਹਾ ਕਿ ਝੋਨੇ ਦੀ ਬਿਜਾਈ ਕਰਨ ਤੋਂ ਪਹਿਲਾਂ ਉਸ ਨੇ 1.5 ਏਕੜ ਜਮੀਨ ਵਿੱਚ ਮੱਕੀ ਦੀ ਬਿਜਾਈ ਕੀਤੀ ਸੀ ਅਤੇ ਉਹ ਆਪਣੀ ਘਰੇਲੂ ਵਰਤੋਂ ਲਈ ਜੈਵਿਕ ਸਬਜੀਆਂ ਦੀ ਕਾਸ਼ਤ ਵੀ ਕਰਦਾ ਹੈ। ਉਨਾਂ ਕਿਹਾ ਕਿ ਉਹ ਪਸ਼ੂ ਪਾਲਣ ਦੇ ਧੰਦੇ ਨਾਲ ਵੀ ਜੁੜਿਆ ਹੋਇਆ ਹੈ ਤੇ ਉਸ ਕੋਲ 7 ਮੱਝਾਂ ਹਨ ਤੇ ਉਸ ਵਲੋਂ ਦੁੱਧ ਦਾ ਸਵੈ-ਮੰਡੀਕਰਣ ਵੀ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਉਸ ਨੇ ਪਿੰਡ ਦੀ ਫਿਰਨੀ ਅਤੇ ਮੇਨ ਸੜਕ ਦੇ ਆਲੇ ਦੁਆਲੇ ਕਈ ਕਿਸਮਾਂ ਦੇ ਬੂਟੇ ਲਗਾਏ ਗਏ ਹਨ ਤਾਂ ਜੋ ਵਾਤਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਉਸ ਨੇ ਦੱਸਿਆ ਕਿ ਕੋਈ ਵੀ ਕਿਸਾਨ ਉਸ ਨਾਲ ਕਿਸੇ ਵੀ ਪ੍ਰਕਾਰ ਦੀ ਸਲਾਹ ਲੈਣ ਲਈ ਮੋਬਾਇਲ ਨੰਬਰ 95017-47801 ’ਤੇ ਸੰਪਰਕ ਕਰ ਸਕਦਾ ਹੈ।
ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਲਾਭਕਾਰੀ ਜੀਵਾਣੂਆਂ ਦਾ ਨੁਕਸਾਨ ਹੁੰਦਾ ਹੈ ਉਥੇ ਵਾਤਾਵਰਣ ਵੀ ਪਲੀਤ ਹੁੰਦਾ ਹੈ ਅਤੇ ਮਨੁੱਖੀ ਤੇ ਜੀਵ ਜੰਤੂਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਦਾ ਹੈ। ਉਨਾਂ ਕਿਹਾ ਕਿ ਪਰਾਲੀ ਦੇ ਧੂੰਏ ਨਾਲ ਕਈ ਵਾਰ ਸੜਕੀ ਹਾਦਸਿਆਂ ਵਿਚ ਕੀਮਤੀ ਜਾਨਾਂ ਵੀ ਜਾਂਦੀਆ ਹਨ। ਉਨਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਵਿੱਚ ਅਪਣਾ ਵੱਡਮੁੱਲਾ ਯੋਗਦਾਨ ਪਾਉਣ ਅਤੇ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।
Please Share This News By Pressing Whatsapp Button