
ਪਿੰਡ ਝਲੂਰ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀਆਂ ਨਵੀਆਂ ਕਿਸਮਾਂ ਦੀ ਜਾਣਕਾਰੀ ਲਈ ਲਾਇਆ ਸਿਖਲਾਈ ਕੈਂਪ
ਸੰਗਰੂਰ, 26 ਅਕਤੂਬਰ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀਆਂ ਨਵੀਆਂ ਕਿਸਮਾਂ ਤੇ ਬੀਜਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਝਲੂਰ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਨੂੰ ਵੱਖ-ਵੱਖ ਢੰਗਾਂ ਨਾਲ ਖੇਤ ਵਿੱਚ ਹੀ ਸਾਂਭਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ ਪੀ ਬੀ ਡਬਲਯੂ 824 ਅਤੇ ਪੀ ਬੀ ਡਬਲਯੂ 766 (ਸੁਨਿਹਰੀ) ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀ ਬੀ ਡਬਲਯੂ 824 ਦਾ ਔਸਤ ਝਾੜ 23.3 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 156 ਦਿਨਾਂ ਵਿੱਚ ਪੱਕਦੀ ਹੈ। ਇਸੇ ਤਰ੍ਹਾਂ ਪੀ ਬੀ ਡਬਲਯੂ 766 (ਸੁਨਿਹਰੀ) ਦਾ ਔਸਤ ਝਾੜ 23.1 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 155 ਦਿਨਾਂ ਵਿੱਚ ਪੱਕਦੀ ਹੈ। ਇਹਨਾਂ ਨਵੀਆਂ ਕਿਸਮਾਂ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਤੋਂ ਮਿਲਦਾ ਹੈ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬਧ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਚੌਪਰ, ਪਲਟਾਊ ਹਲ, ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਸ ਦੀ ਸਹੀ ਢੰਗ ਨਾਲ ਵਰਤੋਂ ਲਈ ਧਿਆਨ ਰੱਖਣਯੋਗ ਨੁਕਤੇ ਦੱਸੇ। ਡਾਕਟਰ ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਨੇ ਕਿਸਾਨਾਂ ਨੂੰ ਕਣਕ ਵਿੱਚ ਜੀਵਾਣੂੰ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵਿਸਤਾਰ ਵਿੱਚ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਵਿੱਚ ਯੂਰੀਆ ਖਾਦ ਦੀ ਸਹੀ ਵਰਤੋਂ ਲਈ ਪੱਤਾ ਰੰਗ ਚਾਰਟ ਦੀ ਵਿਧੀ ਬਾਰੇ ਵੀ ਦੱਸਿਆ। ਅਖ਼ੀਰ ਵਿੱਚ ਪਰਾਲੀ ਦੀ ਸੰਭਾਲ ਲਈ ਜਾਣਕਾਰੀ ਭਰਪੂਰ ਸਾਹਿਤ, ਹਾੜ੍ਹੀ 2021-22 ਦੀਆਂ ਕਿਤਾਬਾਂ ਅਤੇ ਜੀਵਾਣੂੰ ਖਾਦ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਇਸ ਮੌਕੇ ਗੁਰਪ੍ਰੀਤ ਸਿੰਘ ਝਲੂਰ, ਪੰਚਾਇਤ ਮੈਂਬਰ ਦਰਸ਼ਨ ਸਿੰਘ ਅਤੇ ਮਨਦੀਪ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ ਅਤੇ ਨਵਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
Please Share This News By Pressing Whatsapp Button